Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਸੁਸ਼ਮਾ ਸਵਰਾਜ ਭਵਨ ਵਿਖੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ’ਤੇ ਆਯੋਜਿਤ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਕੀਤੀ।

ਇਸ ਸੰਮੇਲਨ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਇਕੱਠੇ ਹੋ ਕੇ ਸਮਾਜਿਕ ਸਮਾਵੇਸ਼ ਨੂੰ ਮਜ਼ਬੂਤ ਕਰਨ, ਦਿਵਿਆਂਗਜਨਾਂ ਦੇ ਸਸ਼ਕਤੀਕਰਨ, ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਰੋਕਥਾਮ ਅਤੇ ਜਨਤਕ ਭਾਗੀਦਾਰੀ ਲਈ ਨਵੀਨਤਮ ਤਰੀਕੇ ਅਪਣਾਉਣ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਵਿਆਪਕ ਵਿਚਾਰ-ਵਟਾਂਦਰੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਿਖਰ ਸੰਮੇਲਨ ਤੋਂ ਨਿਕਲੇ ਵਿਚਾਰ ਅਤੇ ਕਾਰਜ-ਬਿੰਦੂ ਕੇਂਦਰ ਅਤੇ ਸੂਬਿਆਂ ਵਿਚਕਾਰ ਇੱਕ ਸਾਂਝੇ ਉਦੇਸ਼ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਯੋਜਨਾਵਾਂ ਨੂੰ ਲਾਗੂ ਕਰਦੇ ਸਮੇਂ ਮੁਕਾਬਲੇਬਾਜ਼ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਦਾ ਮਾਰਗ-ਦਰਸ਼ਨ ਹੋਣਾ ਚਾਹੀਦਾ ਹੈ, ਜਿਸ ਵਿੱਚ ਸੂਬੇ ਇੱਕ-ਦੂਜੇ ਦੇ ਤਜਰਬਿਆਂ ਅਤੇ ਨਵੀਨਤਾਵਾਂ ਤੋਂ ਸਿੱਖਿਆ ਲੈ ਸਕਣ।

ਜਨ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਾਸਾਤਮਕ ਦਿਵਿਆਂਗਤਾਵਾਂ ਅਤੇ ਉਨ੍ਹਾਂ ਦੀ ਜਲਦ ਪਛਾਣ ਦੀ ਮਹੱਤਤਾ ਬਾਰੇ ਮਾਪਿਆਂ ਵਿੱਚ ਜਾਗਰੂਕਤਾ ਲਿਆਉਣ ਵਿੱਚ ਭਾਈਚਾਰਕ ਭਾਗੀਦਾਰੀ ਇੱਕ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅਕਸਰ ਝਿਜਕ, ਸਮਾਜਿਕ ਕਲੰਕ ਦਾ ਡਰ ਅਤੇ ਜਾਣਕਾਰੀ ਦੀ ਘਾਟ ਕਾਰਨ ਮਾਪੇ ਆਪਣੇ ਬੱਚਿਆਂ ਦੀ ਸਥਿਤੀ ਨੂੰ ਸਮਝ ਨਹੀਂ ਪਾਉਂਦੇ ਜਾਂ ਸਮਾਂ ਰਹਿੰਦੇ ਮਦਦ ਨਹੀਂ ਲੈ ਪਾਉਂਦੇ। ਉਨ੍ਹਾਂ ਨੇ ਕਿਹਾ ਕਿ ਭਾਈਚਾਰਾ-ਅਧਾਰਿਤ ਪਹੁੰਚ ਮਾਪਿਆਂ ਦੀ ਝਿਜਕ ਨੂੰ ਦੂਰ ਕਰਨ ਅਤੇ ਸ਼ੁਰੂਆਤੀ ਦਖਲ-ਅੰਦਾਜ਼ੀ ਨੂੰ ਵਧੇਰੇ ਸਵੀਕਾਰਯੋਗ ਬਣਾਉਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਨੇ ਜਾਗਰੂਕਤਾ ਵਧਾਉਣ ਲਈ ਨਵੇਂ ਅਤੇ ਰਚਨਾਤਮਕ ਤਰੀਕਿਆਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ, ਖ਼ਾਸ ਕਰਕੇ ਤਕਨੀਕ ਦੀ ਵਰਤੋਂ ਕਰਕੇ ਮਹੱਤਵਪੂਰਨ ਸੰਦੇਸ਼ਾਂ ਨੂੰ ਸਰਲ ਅਤੇ ਆਸਾਨੀ ਨਾਲ ਸਮਝ ਆਉਣ ਵਾਲੇ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਉਣ ਦੀ ਗੱਲ ਕਹੀ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਸੂਬਾ ਸਰਕਾਰਾਂ ਸਟਾਰਟ-ਅੱਪ ਮੁਕਾਬਲੇ ਆਯੋਜਿਤ ਕਰ ਸਕਦੀਆਂ ਹਨ, ਤਾਂ ਜੋ ਨੌਜਵਾਨ ਇਨੋਵੇਟਰਜ਼ ਨੂੰ ਅਜਿਹੇ ਕਿਫ਼ਾਇਤੀ ਉਪਕਰਨ ਅਤੇ ਸਹਾਇਕ ਸਾਧਨ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ, ਜੋ ਲੋਕਾਂ ਦੀ ਆਵਾਜਾਈ, ਪਹੁੰਚ ਅਤੇ ਖੇਡਾਂ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਸਕਣ।

ਨਸ਼ਾ ਮੁਕਤ ਭਾਰਤ ਅਭਿਆਨ ’ਤੇ ਚਰਚਾ ਕਰਦਿਆਂ, ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਯਤਨ ਸਿਰਫ਼ ਰਸਮੀ ਜਾਂ ਪ੍ਰਤੀਕਾਤਮਕ ਗਤੀਵਿਧੀਆਂ ਤੱਕ ਸੀਮਿਤ ਨਹੀਂ ਹੋਣੇ ਚਾਹੀਦੇ। ਉਨ੍ਹਾਂ ਨੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਸਮਾਜ ਦੀ ਵਿਆਪਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸਕੂਲਾਂ ਨੂੰ ਸ਼ਾਮਲ ਕਰਨ ਦਾ ਸੁਝਾਅ ਦਿੱਤਾ, ਜਿਸ ਵਿੱਚ ਲੇਖ ਲਿਖਣ, ਵਾਦ-ਵਿਵਾਦ, ਭਾਸ਼ਣ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਸ਼ਾਮਲ ਹੋ ਸਕਦੀਆਂ ਹਨ। ਉਨ੍ਹਾਂ ਨੇ ਉਨ੍ਹਾਂ ਲੋਕਾਂ ਦੇ ਤਜਰਬਿਆਂ ਨੂੰ ਸਾਂਝਾ ਕਰਨ ਦੀ ਮਹੱਤਤਾ ’ਤੇ ਵੀ ਚਾਨਣਾ ਪਾਇਆ, ਜਿਨ੍ਹਾਂ ਨੇ ਸਫ਼ਲਤਾਪੂਰਵਕ ਨਸ਼ੇ ਦੀ ਆਦਤ ਤੋਂ ਛੁਟਕਾਰਾ ਪਾਇਆ ਹੈ।

ਪੂਰੇ ਦੇਸ਼ ਨੂੰ ਨਾਲ ਲੈ ਕੇ ਚੱਲਣ ਦੇ ਦ੍ਰਿਸ਼ਟੀਕੋਣ ’ਤੇ ਜ਼ੋਰ ਦਿੰਦਿਆਂ, ਪ੍ਰਧਾਨ ਮੰਤਰੀ ਨੇ ਨਸ਼ਾ ਮੁਕਤ ਭਾਰਤ ਦੇ ਯਤਨਾਂ ਵਿੱਚ ਭਾਈਚਾਰਿਆਂ, ਅਧਿਆਤਮਿਕ ਸੰਗਠਨਾਂ, ਵਿੱਦਿਅਕ ਸੰਸਥਾਨਾਂ ਅਤੇ ਵੱਖ-ਵੱਖ ਮੰਤਰਾਲਿਆਂ ਦੀ ਵੱਧ ਭਾਗੀਦਾਰੀ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਵਹਾਰ ਵਿੱਚ ਸਥਾਈ ਬਦਲਾਅ ਤਾਂ ਹੀ ਆ ਸਕਦਾ ਹੈ, ਜਦੋਂ ਸਮਾਜ ਖ਼ੁਦ ਇਸ ਅਭਿਆਨ ਵਿੱਚ ਸਰਗਰਮੀ ਨਾਲ ਸ਼ਾਮਲ ਹੋਵੇ।

ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਕੇਂਦਰ ਅਤੇ ਸੂਬਾ ਇੱਕ ਸਾਂਝੇ ਰਾਸ਼ਟਰੀ ਯਤਨ ਵਿੱਚ ਭਾਈਵਾਲ ਹਨ। ਉਨ੍ਹਾਂ ਨੇ ਕਿਹਾ ਕਿ ਸੰਮੇਲਨ ਦੌਰਾਨ ਦਿਖਾਈ ਗਈ ਸਮੂਹਿਕ ਵਚਨਬੱਧਤਾ ਨੂੰ ਮੁਕਾਬਲੇਬਾਜ਼ ਅਤੇ ਸਹਿਕਾਰੀ ਸੰਘਵਾਦ ਦੀ ਭਾਵਨਾ ਨਾਲ ਅੱਗੇ ਵਧਾਇਆ ਜਾਣਾ ਚਾਹੀਦਾ ਹੈ, ਤਾਂ ਜੋ ਇੱਕ ਸਮਾਵੇਸ਼ੀ ਅਤੇ ਸਸ਼ਕਤ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਇਆ ਜਾ ਸਕੇ। 

 

***********

ਐੱਮਜੇਪੀਐੱਸ/ਐੱਸਐੱਸ/ਵੀਜੇ/ਐੱਸਐੱਸ