ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੀਤੇ ਕੱਲ੍ਹ ਲੋਕ ਕਲਿਆਣ ਮਾਰਗ ਵਿੱਚ ਆਪਣੀ ਰਿਹਾਇਸ਼ ਉੱਤੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ।
ਇਸ ਸਾਲ ਤਿੰਨ ਵਿਭਾਗਾਂ ਵਿੱਚੋਂ 82 ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਕੌਮੀ ਅਧਿਆਪਕ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ 48 ਅਧਿਆਪਕ, ਉੱਚ ਵਿੱਦਿਅਕ ਅਦਾਰਿਆਂ ਅਤੇ ਪੌਲੀਟੈਕਨਿਕਸ ਦੇ 21 ਅਧਿਆਪਕ ਅਤੇ ਅਧਿਆਪਕ ਵਰਗ ਦੇ ਮੈਂਬਰ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 13 ਹੁਨਰ ਸਿਖਲਾਈਕਾਰ ਸ਼ਾਮਲ ਹਨ। ਪੁਰਸਕਾਰ ਜੇਤੂਆਂ ਨੇ ਉਨ੍ਹਾਂ ਤਜਰਬਿਆਂ ਅਤੇ ਨਵੀਆਂ ਖੋਜਾਂ ਦਾ ਵਿਸ਼ੇਸ਼ ਜ਼ਿਕਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਪੜ੍ਹਾਉਣ ਦੇ ਸਫ਼ਰ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਨੇ ਕਲਾਸਰੂਮ ਦੀ ਪੜ੍ਹਾਈ ਨੂੰ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵੱਲੋਂ ਅਪਣਾਏ ਗਏ ਕਈ ਰਚਨਾਤਮਕ ਤਰੀਕੇ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਧਿਆਪਕਾਂ ਨੂੰ ਬੱਚਿਆਂ ਦੇ ਅਕਾਦਮਿਕ ਪ੍ਰਦਰਸ਼ਨ ਤੋਂ ਅੱਗੇ ਦੇਖਣ ਅਤੇ ਉਨ੍ਹਾਂ ਦੇ ਵਿਹਾਰ ਤੇ ਰੋਜ਼ਾਨਾ ਜੀਵਨ ਵੱਲ ਧਿਆਨ ਦੇਣ ਦੀ ਲੋੜ ਹੈ। ਰਵਾਇਤੀ ਸਾਂਝੇ ਪਰਿਵਾਰਕ ਢਾਂਚੇ ਵਿੱਚ ਆਈ ਕਮੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਲਗਾਤਾਰ ਅਹਿਮ ਹੁੰਦੀ ਜਾ ਰਹੀ ਹੈ। ਨਸ਼ਿਆਂ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਅਧਿਆਪਕਾਂ ਨੂੰ ਬੱਚਿਆਂ ਵਿੱਚ ਆਉਣ ਵਾਲੀਆਂ ਤਬਦੀਲੀਆਂ ਪ੍ਰਤੀ ਸੁਚੇਤ ਰਹਿਣ, ਇਸ ਦੇ ਕਾਰਨਾਂ ਦੀ ਪਛਾਣ ਕਰਨ ਅਤੇ ਅਜਿਹੇ ਬੱਚਿਆਂ ਨੂੰ ਇਸ ਆਦਤ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਚਪਨ ਦੀ ਮਾਸੂਮੀਅਤ ਨੂੰ ਸੰਭਾਲਣਾ ਅਜਿਹੀ ਅਹਿਮ ਭੂਮਿਕਾ ਹੈ ਜੋ ਅਧਿਆਪਕ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਮੂਲ ਸੁਭਾਅ ਅਤੇ ਉਤਸੁਕਤਾ ਇੱਕੋ ਜਿਹੀ ਹੁੰਦੀ ਹੈ ਅਤੇ ਜੇ ਅਧਿਆਪਕ ਇਸ ਉਤਸੁਕਤਾ ਨੂੰ ਉਤਸ਼ਾਹਿਤ ਕਰਨ ਅਤੇ ਸਹੀ ਦਿਸ਼ਾ ਦੇਣ, ਤਾਂ ਉਹ ਉਨ੍ਹਾਂ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ।
ਸਕਰੀਨ ਟਾਈਮ (ਮੋਬਾਈਲ ਜਾਂ ਸਕ੍ਰੀਨ ਉੱਤੇ ਬਿਤਾਇਆ ਜਾਣ ਵਾਲਾ ਸਮਾਂ) ਦੇ ਮੁੱਦੇ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੱਡੀ ਚਿੰਤਾ ਬਣ ਗਿਆ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਮਾਪਿਆਂ ਨਾਲ ਇਸ ਬਾਰੇ ਗੱਲ ਕਰਨ ਦੀ ਅਪੀਲ ਕੀਤੀ ਕਿ ਉਨ੍ਹਾਂ ਦੇ ਬੱਚੇ ਸਕਰੀਨ ਉੱਤੇ ਕਿੰਨਾ ਸਮਾਂ ਬਿਤਾਉਂਦੇ ਹਨ ਅਤੇ ਕੀ ਉਹ ਦੇਰ ਰਾਤ ਤੱਕ ਮੋਬਾਈਲ ਫੋਨ ਦੀ ਵਰਤੋਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਖੇਡਾਂ, ਸਰੀਰਕ ਗਤੀਵਿਧੀਆਂ ਅਤੇ ਰਚਨਾਤਮਕ ਕੰਮਾਂ ਵਿੱਚ ਦਿਲਚਸਪੀ ਪੈਦਾ ਕਰ ਕੇ ਬੱਚਿਆਂ ਨੂੰ ਹੌਲੀ-ਹੌਲੀ ਸਕਰੀਨ ਦੀ ਜ਼ਿਆਦਾ ਵਰਤੋਂ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ‘ਕੌਮੀ ਸਿੱਖਿਆ ਨੀਤੀ’ ਦਾ ਹਵਾਲਾ ਦਿੱਤਾ ਅਤੇ ਬੱਚਿਆਂ ਨੂੰ ਕਲਾਸਰੂਮ ਤੋਂ ਬਾਹਰ ਲਿਜਾਣ ਅਤੇ ਉਨ੍ਹਾਂ ਨੂੰ ਅਸਲ ਦੁਨੀਆ ਦੇ ਹੁਨਰਾਂ ਅਤੇ ਕੰਮ ਦੇ ਤਰੀਕਿਆਂ ਨਾਲ ਜੋੜਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਆਪਕਾਂ ਨੂੰ ਸਿਲੇਬਸ ਬਾਰੇ ਗਿਆਨ ਦੇਣ ਤੋਂ ਅੱਗੇ ਵਧਣ ਅਤੇ ਬੱਚਿਆਂ ਵਿੱਚ ਕਿਰਤ ਦੇ ਸਤਿਕਾਰ ਵਰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਵਿੱਚ ਮਦਦ ਕਰਨ ਲਈ ਵੀ ਕਿਹਾ।
***
ਐੱਮਜੇਪੀਐੱਸ/ਐੱਸਐੱਸ/ਪੀਆਰਕੇ
#TeachersDay is about appreciating the strong contribution of teachers to our society. It is also a day to pay homage to Dr. S. Radhakrishnan.
— Narendra Modi (@narendramodi) September 5, 2026
Here is what happened when the National Teachers' Awards winners were invited to 7, LKM yesterday…. pic.twitter.com/LtXTvHiQoQ