ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 23 ਮਈ, 2026 ਨੂੰ ਸਵੇਰੇ 11 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ 19ਵੇਂ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ 51 ਹਜ਼ਾਰ ਤੋਂ ਵੱਧ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।
ਰੋਜ਼ਗਾਰ ਪੈਦਾ ਕਰਨ ਨੂੰ ਪਹਿਲ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਰੋਜ਼ਗਾਰ ਮੇਲਾ ਇਸ ਨਜ਼ਰੀਏ ਨੂੰ ਹਕੀਕਤ ਵਿੱਚ ਬਦਲਣ ਦੇ ਉਦੇਸ਼ ਨਾਲ ਇੱਕ ਵੱਡੀ ਪਹਿਲਕਦਮੀ ਹੈ। ਰੋਜ਼ਗਾਰ ਮੇਲਾ ਸ਼ੁਰੂ ਕੀਤੇ ਜਾਣ ਤੋਂ ਬਾਅਦ, ਦੇਸ਼ ਭਰ ਵਿੱਚ ਹੁਣ ਤੱਕ ਆਯੋਜਿਤ ਕੀਤੇ ਗਏ 18 ਰੋਜ਼ਗਾਰ ਮੇਲਿਆਂ ਰਾਹੀਂ ਲਗਭਗ 12 ਲੱਖ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
19ਵਾਂ ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 47 ਥਾਵਾਂ ’ਤੇ ਆਯੋਜਿਤ ਕੀਤਾ ਜਾਵੇਗਾ। ਇਸ ਵਿੱਚ ਦੇਸ਼ ਦੇ ਸਾਰੇ ਹਿੱਸਿਆਂ ਤੋਂ ਨਵੇਂ ਚੁਣੇ ਗਏ ਉਮੀਦਵਾਰ ਰੇਲ ਮੰਤਰਾਲਾ, ਗ੍ਰਹਿ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ, ਉਚੇਰੀ ਸਿੱਖਿਆ ਵਿਭਾਗ ਆਦਿ ਸਮੇਤ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਆਪਣਾ ਕਾਰਜ ਸੰਭਾਲਣਗੇ।
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ